Header Ads

ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਸੂਬੇ ਦੇ ਅਮਨ ਨੂੰ ਭੰਗ ਕਰਨ ਦਾ ਯਤਨ : ਸੁਖਬੀਰ

ਗੁਰਾਇਆ  (ਮੁਨੀਸ਼, ਹੇਮੰਤ) - ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦੇਸ਼ ਵਿਰੋਧੀ ਤਾਕਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਕੋਝਾ ਯਤਨ ਹੈ, ਜਿਸ ਨੂੰ ਸੂਬੇ ਦੇ ਲੋਕ ਕਿਸੇ ਵੀ ਹਾਲਤ ਵਿਚ ਸਫਲ ਨਹੀਂ ਹੋਣ ਦੇਣਗੇ।
ਅੱਜ ਪਿੰਡ ਰੁੜਕਾ ਕਲਾਂ ਵਿਖੇ ਹਲਕਾ ਫਿਲੌਰ ਦੇ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਵਿਕਾਸ ਕੰਮਾਂ ਲਈ ਗ੍ਰਾਂਟਾਂ ਜਾਰੀ ਕਰਨ ਸਬੰਧੀ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦੇਣ ਲਈ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਨਾਂ 'ਤੇ ਸੂਬੇ ਭਰ ਵਿਚ 2700 ਮੈਡੀਕਲ ਸਟੋਰ ਖੋਲ੍ਹੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤੋਂ ਬਾਅਦ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਇਕ ਵੱਡਾ ਕਦਮ ਹੈ, ਜਿਸ ਨਾਲ ਮੱਧ ਵਰਗੀ ਅਤੇ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ ਬਲਾਕ ਪੱਧਰ 'ਤੇ 250 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤਹਿਤ ਸਾਲਾਨਾ 1 ਲੱਖ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਪੇਸ਼ੇਵਰ ਲੀਹਾਂ 'ਤੇ ਦਿੱਤੀ ਜਾਵੇਗੀ।
ਸੂਬੇ ਵਿਚ ਪੁਲਸ ਦੀ ਘਾਟ ਬਾਰੇ ਇਕ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 20 ਹਜ਼ਾਰ ਪੁਲਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ, ਜੋ ਕਿ ਅਗਲੇ ਦੋ ਮਹੀਨਿਆਂ ਦੌਰਾਨ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਜਾਂਚ ਪ੍ਰਕਿਰਿਆ ਅਤੇ ਆਮ ਪੁਲਸਿੰਗ ਨੂੰ ਵੱਖ-ਵੱਖ ਕੀਤਾ ਜਾ ਰਿਹਾ ਹੈ, ਜਿਸ ਲਈ ਤਕਨੀਕੀ ਸਟਾਫ਼, ਫੋਰੈਂਸਿਕ ਮਾਹਿਰਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਵੱਖਰਾ ਕੇਡਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਮੁੱਢਲੇ ਤੌਰ 'ਤੇ 4000 ਕਰਮਚਾਰੀਆਂ ਦੀ ਭਰਤੀ ਕੀਤੀ ਜਾ
ਰਹੀ ਹੈ।
ਸ. ਬਾਦਲ ਨੇ ਕਿਹਾ ਕਿ ਲੋਕਾਂ ਨੂੰ ਰੋਜ਼ਾਨਾ ਦੀਆਂ ਸੇਵਾਵਾਂ ਦੇਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਆਮ ਲੋਕਾਂ ਨੂੰ ਦਫ਼ਤਰੀ ਖੱਜਲ-ਖੁਆਰੀ ਤੋਂ ਨਿਜਾਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ 389 ਸੇਵਾ ਕੇਂਦਰਾਂ ਤੋਂ ਇਲਾਵਾ ਦਿਹਾਤੀ ਖੇਤਰਾਂ ਦੇ 1700 ਦੇ ਕਰੀਬ ਸੇਵਾ ਕੇਂਦਰ ਵੀ ਅਗਲੇ ਮਹੀਨੇ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਣਗੇ।
ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਕੱਢਣ ਲਈ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਕਾਨੂੰਨ ਬਾਰੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਪਿਛੋਂ ਹੁਣ ਪੰਜਾਬ ਫਿਰ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਕਿਸਾਨਾਂ ਨੂੰ ਵਿਆਜ ਰਹਿਤ ਕਰਜ਼ਾ ਦੇਣਾ ਸ਼ੁਰੂ ਕੀਤਾ ਹੈ, ਇਸ ਤਹਿਤ ਕਿਸਾਨਾਂ ਨੂੰ ਸਾਲਾਨਾ 50 ਹਜ਼ਾਰ ਰੁਪਏ ਕਰਜ਼ਾ ਬਿਨਾਂ ਵਿਆਜ ਤੋਂ ਦਿੱਤਾ ਜਾ ਰਿਹਾ ਹੈ। ਉਪ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਵਿਚ ਲਿੰਕ ਸੜਕਾਂ ਦੀ ਮਜ਼ਬੂਤੀ ਲਈ ਪੰਜਾਬ ਸਰਕਾਰ ਵਲੋਂ 600 ਕਰੋੜ ਰੁਪਏ ਮਨਜ਼ੂਰ ਕੀਤੇ ਗਏ
ਹਨ, ਜਿਸ ਨਾਲ ਅਗਲੇ ਦੋ ਮਹੀਨਿਆਂ ਦੌਰਾਨ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ।
ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਵਲੋਂ ਫਿਲੌਰ ਅਤੇ ਰੁੜਕਾ ਕਲਾਂ ਬਲਾਕ ਦੀਆਂ 81 ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕੰਮਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਲੋਕਾਂ ਦੀ ਮੰਗ 'ਤੇ ਉਪ ਮੁੱਖ ਮੰਤਰੀ ਨੇ ਗੁਰਾਇਆ ਅਤੇ ਫਿਲੌਰ ਵਿਖੇ ਬੱਸ ਸਟੈਂਡਾਂ ਦੀ ਉਸਾਰੀ ਲਈ ਸਬੰਧਿਤ ਵਿਭਾਗਾਂ ਨੂੰ ਤੁਰੰਤ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।
Powered by Blogger.